ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਭੇਟ ਕਰ ਕੈਪਟਨ ਨੇ ਦਿੱਤਾ ਸ਼ਾਂਤੀ ਦਾ ਸੁਨੇਹਾ

80

ਫ਼ਤਹਿਗੜ੍ਹ ਸਾਹਿਬ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫ਼ਤਹਿਗੜ੍ਹ ਸਾਹਿਬ ਪਹੁੰਚ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ਼ ਭੇਟ ਕੀਤੇ। ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇੱਥੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ। ਕਿਸੇ ਨੂੰ ਭਾਈਚਾਰਕ ਸਾਂਝ ਦਾ ਨੁਕਸਾਨ ਨਹੀਂ ਕਰਨ ਦਿੱਤਾ ਜਾਵੇਗਾ।

ਕੈਪਟਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਤੇ ਜੋ ਵੀ ਸੂਬੇ ਵਿੱਚ ਧਰਮ ਨਿਰਪੱਖਤਾ ਦੇ ਮਾਹੌਲ ਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਅਮਨ-ਸ਼ਾਂਤੀ ਲਈ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿੱਤੀ, ਉਸ ਅਮਨ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।

ਹਾਲ ਹੀ ਵਿੱਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪੁਚਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਜਿਹੀਆਂ ਘਟਨਾਵਾਂ ਦੇ ਦੁਹਰਾਅ ਸਬੰਧੀ ਅਕਾਲੀਆਂ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਸਰਕਾਰ ਹੋਰਨਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਬੁੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਵੀ ਬੁੱਤ ਲੱਗੇ ਹੋਏ ਹਨ ਤੇ ਹਰ ਹਾਲ ਅਜਿਹੇ ਬੁੱਤਾਂ ਦੀ ਵੀ ਰਾਖੀ ਕੀਤੀ ਜਾਵੇਗੀ।

1984 ਦੇ ਦੰਗਿਆਂ ਨੂੰ ਆਧਾਰ ਬਣਾ ਕੇ ਸਿਆਸੀ ਲਾਹਾ ਲੈਣ ਲਈ ਅਕਾਲੀ ਦਲ ਵੱਲੋਂ ਧਰਮ ਦੇ ਨਾਂ ‘ਤੇ ਪਾੜਾ ਪਾਉਣ ਦੀਆਂ ਅਫ਼ਸਲ ਕੋਸ਼ਿਸ਼ਾਂ ਤੇ ਇਨ੍ਹਾਂ ਦੰਗਿਆਂ ਨਾਲ ਗਾਂਧੀ ਪਰਿਵਾਰ ਦਾ ਨਾਂ ਜੋੜੇ ਜਾਣ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਹਿੰਸਕ ਘਟਨਾਵਾਂ ਵਾਪਰਨੀਆਂ ਸ਼ੁਰੂ ਹੋਈਆਂ, ਉਦੋਂ ਤਾਂ ਰਾਜੀਵ ਗਾਂਧੀ ਉਥੇ ਮੌਜੂਦ ਹੀ ਨਹੀਂ ਸਨ।

ਉਨ੍ਹਾਂ ਆਖਿਆ ਕਿ ਦੰਗਿਆਂ ਵੇਲੇ ਤਾਂ ਸੁਖਬੀਰ ਬਾਦਲ ਅਮਰੀਕਾ ਵਿੱਚ ਪੜ੍ਹ ਰਹੇ ਸਨ ਤੇ ਬਿਕਰਮ ਮਜੀਠੀਆ ਪਟਿਆਲਾ ਜਾਂ ਪੰਜਾਬ ਵਿੱਚ ਕਿਸੇ ਥਾਂ ਪੜ੍ਹ ਰਹੇ ਸਨ ਤੇ ਉਨ੍ਹਾਂ ਨੂੰ ਉਸ ਵੇਲੇ ਵਾਪਰੀਆਂ ਘਟਨਾਵਾਂ ਬਾਰੇ ਕੁਝ ਵੀ ਪਤਾ ਨਹੀਂ। ਇਸ ਲਈ ਉਨ੍ਹਾਂ ਨੂੰ ਸਿਆਸੀ ਲਾਹਾ ਲੈਣ ਵਾਸਤੇ ਇਨ੍ਹਾਂ ਘਟਨਾਵਾਂ ਸਬੰਧੀ ਧਰਮ ਦੇ ਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਕੈਪਟਨ ਨੇ ਆਖਿਆ ਕਿ ਅਕਾਲੀ ਨੀਵੇਂ ਪੱਧਰ ਦੀ ਸਿਆਸਤ ਕਰਕੇ ਭਾਈਚਾਰਕ ਸਾਂਝ ਦਾ ਨੁਕਸਾਨ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਉਹ ਕਿਸੇ ਨੂੰ ਵੀ ਨਫ਼ਰਤ ਦੀ ਸਿਆਸਤ ਨਹੀਂ ਕਰਨ ਦੇਣਗੇ।

Leave A Reply

Your email address will not be published.